ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਹੋਵੇ: ਹਰਪ੍ਰੀਤ ਸਿੰਘ ਮਿੰਨਾ

ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਹੋਵੇ – ਹਰਪ੍ਰੀਤ ਸਿੰਘ ਮਿੰਨਾ
ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ
ਸ੍ਰੀ ਗੋਇੰਦਵਾਲ ਸਾਹਿਬ, 14 ਅਗਸਤ, ਜਤਿੰਦਰ ਸਿੰਘ ਬਾਵਾ
ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮਿੰਨਾ ਨੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਮਿੰਨਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਨਿਮਾਣੇ ਸਿੱਖ ਵਜੋਂ ਆਪਣੇ ਪਰਿਵਾਰ ਸਮੇਤ ਗੁਰੂ ਘਰ ਨਤਮਸਤਕ ਹੋਣ ਲਈ ਗਏ ਸਨ। ਅਜਿਹੇ ਪਵਿੱਤਰ ਅਸਥਾਨ ‘ਤੇ ਇਸ ਤਰ੍ਹਾਂ ਦੀ ਹਿੰਸਕ ਘਟਨਾ ਵਾਪਰਨਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕ ਇਤਿਹਾਸਕ ਅਤੇ ਪੰਥਕ ਪਾਰਟੀ ਹੈ, ਜਿਸ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਜਾਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ। ਪਾਰਟੀ ਦਾ ਵਰਕਰ ਹਰ ਔਖੇ ਸਮੇਂ ਵਿੱਚ ਆਪਣੀ ਲੀਡਰਸ਼ਿਪ ਦੇ ਨਾਲ ਡਟ ਕੇ ਖੜ੍ਹਾ ਹੈ ਅਤੇ ਭਵਿੱਖ ਵਿੱਚ ਵੀ ਰਹੇਗਾ। ਹਰਪ੍ਰੀਤ ਸਿੰਘ ਮਿੰਨਾ ਨੇ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਸੁਖਬੀਰ ਸਿੰਘ ਬਾਦਲ ਨੂੰ ਜਲਦੀ ਸਿਹਤਯਾਬੀ ਬਖ਼ਸ਼ਣ, ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਪੰਥ ਦੀ ਸੇਵਾ ਕਰਨ ਲਈ ਹੋਰ ਬਲ ਬਖ਼ਸ਼ਣ। ਉਨ੍ਹਾਂ ਸਮੂਹ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਨ।



