
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਵਿਖੇ ਮਨਾਇਆ
ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
ਹਰਜੀਤ ਵਲਟੋਹਾ, ਗੁਰਪ੍ਰੀਤ ਭੱਟੀ
ਵਲਟੋਹਾ, 28 ਸਤੰਬਰ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਵਿਖੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਅਤੇ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸੰਧੂ ਕਨੇਡਾ ਵੱਲੋਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਗਤ ਸਿੰਘ ਜੀ ਨੇ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹੇਗਾ।
ਸਕੂਲ ਸਟਾਫ਼ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣਾ ਸਾਡੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਅਤੇ ਮਹਾਨ ਸ਼ਹੀਦਾਂ ਦੇ ਜੀਵਨ ਬਾਰੇ ਜਾਣੂ ਕਰਵਾਉਣਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਦੇਸ਼-ਭਗਤੀ ਦੀ ਭਾਵਨਾ ਨਾਲ ਭਰਪੂਰ ਰਿਹਾ।
ਇਸ ਮੌਕੇ ਪ੍ਰਿੰਸੀਪਲ ਗੁਰਲਾਲ ਸਿੰਘ, ਵਾਈਸ ਪ੍ਰਿੰਸੀਪਲ ਮਨਦੀਪ ਕੌਰ ਸੰਧੂ, ਗੁਰਭੇਜ ਸਿੰਘ, ਬਲਵਿੰਦਰ ਕੌਰ, ਬਲਵਿੰਦਰ ਕੌਰ ਕਲਰਕ, ਰਾਜਵਿੰਦਰ ਕੌਰ, ਜਤਿੰਦਰ ਸਿੰਘ, ਸੁਪ੍ਰੀਤ ਕੌਰ, ਮੈਡਮ ਇੰਚਾਰਜ਼ ਸਿਮਰਤਪ੍ਰੀਤ ਕੌਰ ਅਤੇ ਸਮੂਹ ਬੱਚਿਆਂ ਦੇ ਮਾਤਾ ਪਿਤਾ ਅਤੇ ਇਲਾਕਾ ਨਿਵਾਸੀ ਹਾਜ਼ਿਰ ਸਨ।




