
ਸਰਬ ਭਾਰਤ ਨੌਜਵਾਨ ਸਭਾ ਵੱਲੋਂ ਅੱਡਾ ਵਲਟੋਹਾ ਵਿਖੇ ਰੋਸ ਪ੍ਰਦਰਸ਼ਨ
ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਮਿਲਿਆ ਵੋਟ ਦਾ ਹੱਕ ਖੋਹਣ ਨਹੀਂ ਦੇਵਾਂਗੇ: ਵਿਸ਼ਾਲਦੀਪ ਸਿੰਘ ਵਲਟੋਹਾ
ਹਰਜੀਤ ਸਿੰਘ ਵਲਟੋਹਾ ਅਮਰਕੋਟ, 10 ਅਕਤੂਬਰ
ਸਰਬ ਭਾਰਤ ਨੌਜਵਾਨ ਸਭਾ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋ ਰਹੇ ਪ੍ਰਦਰਸ਼ਨ ਦੀ ਹਮਾਇਤ ਵਿੱਚ ਅੱਡਾ ਵਲਟੋਹਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਿਸ਼ੇਸ਼ ਗਹਿਰੀ ਸੋਧ ਪ੍ਰਕਿਰਿਆ (ਐਸ.ਆਈ.ਆਰ.) ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਦੀ ਅਗਵਾਈ ਸਭਾ ਦੇ ਜ਼ਿਲ੍ਹਾ ਸਕੱਤਰ ਵਿਸ਼ਾਲਦੀਪ ਸਿੰਘ ਵਲਟੋਹਾ ਨੇ ਕੀਤੀ।
ਇਸ ਮੌਕੇ ਵਿਸ਼ਾਲਦੀਪ ਸਿੰਘ ਵਲਟੋਹਾ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸੰਵਿਧਾਨਕ ਮਰਿਆਦਾਵਾਂ ਨੂੰ ਅਣਡਿੱਠ ਕਰਦਿਆਂ ਐਸ.ਆਈ.ਆਰ. ਦੀ ਪ੍ਰਕਿਰਿਆ ਲਾਗੂ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਕਾਰਨ ਦੇਸ਼ ਦੇ ਲਗਭਗ 13 ਕਰੋੜ ਵੋਟਰਾਂ ਦੇ ਨਾਂ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ ਹਨ, ਜੋ ਕਿ ਗੰਭੀਰ ਅਤੇ ਨਿੰਦਣਯੋਗ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦੋ ਹੋਰ ਕਮਿਸ਼ਨਰਾਂ ਵੱਲੋਂ ਵੀ ਇਸ ਪ੍ਰਕਿਰਿਆ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਕਈ ਵਾਰ ਪੱਤਰ ਲਿਖ ਕੇ ਇਤਰਾਜ਼ ਜਤਾਏ ਜਾਣ ਦੇ ਬਾਵਜੂਦ ਇਸ ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਰਵਾਈ ਨਾਲ ਜਿੱਥੇ ਲੋਕਾਂ ਦੇ ਵੋਟ ਦੇ ਅਧਿਕਾਰ ’ਤੇ ਸਵਾਲ ਖੜ੍ਹੇ ਹੋਏ ਹਨ, ਉੱਥੇ ਹੀ ਸਰਕਾਰੀ ਖ਼ਜ਼ਾਨੇ ’ਤੇ ਵੀ ਵਾਧੂ ਬੋਝ ਪਿਆ ਹੈ।
ਨੌਜਵਾਨ ਆਗੂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਨੌਜਵਾਨਾਂ, ਵਿਦਿਆਰਥੀਆਂ ਅਤੇ ਵਿਰੋਧੀ ਧਿਰਾਂ ਵੱਲੋਂ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਲੋਕਤੰਤਰੀ ਅਧਿਕਾਰਾਂ ਦੇ ਵਿਰੁੱਧ ਹਨ।
ਵਿਸ਼ਾਲਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਲੋਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੇ ਵੋਟ ਦੇ ਅਧਿਕਾਰ ਨੂੰ ਕਿਸੇ ਵੀ ਕੀਮਤ ’ਤੇ ਖੋਹਣ ਨਹੀਂ ਦਿੱਤਾ ਜਾਵੇਗਾ ਅਤੇ ਲੋਕ ਸੰਘਰਸ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਨਵਦੀਪ ਸਿੰਘ, ਗੁਰਲਾਲ ਸਿੰਘ, ਗੁਰਜਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਭਜੀਤ ਸਿੰਘ, ਭਾਰਤ ਅਜੇ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।



