
ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼: ਐਸ.ਡੀ.ਐੱਮ. ਪੱਟੀ
ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ; ਐਨ.ਜੀ.ਟੀ. ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ
ਪੱਟੀ, 26 ਅਕਤੂਬਰ, ਮੋਹਿਤ ਅਰੋੜਾ ਪੱਟੀ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਐਸ.ਡੀ.ਐੱਮ. ਪੱਟੀ ਅਮਨਦੀਪ ਵੱਲੋਂ ਬਲਾਕ ਪੱਟੀ ਅਤੇ ਵਲਟੋਹਾ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਐੱਮ. ਅਮਨਦੀਪ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਜ਼ਮੀਨ ਦੇ ਰਕਬੇ ਦੇ ਆਧਾਰ ’ਤੇ ਵਾਤਾਵਰਨ ਮੁਆਵਜ਼ਾ ਲਗਾਉਣ ਦੀ ਵਿਵਸਥਾ ਹੈ। ਇਸ ਲਈ ਕਿਸਾਨਾਂ ਨੂੰ ਨਿਯਮਾਂ ਅਤੇ ਜੁਰਮਾਨਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੀ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਿੱਟੀ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ।
ਐਸ.ਡੀ.ਐੱਮ. ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਵਿਭਾਗ ਨਾਲ ਆਪਸੀ ਤਾਲਮੇਲ ਕਾਇਮ ਕਰਕੇ ਪਿੰਡ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣ।
ਇਸ ਮੌਕੇ ਐਸ.ਡੀ.ਐੱਮ. ਦਫ਼ਤਰ ਤੋਂ ਅਵਤਾਰ ਸਿੰਘ, ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਪੱਟੀ, ਡਾ. ਕਰਮਜੀਤ ਸਿੰਘ ਏ.ਡੀ.ਓ. ਵਲਟੋਹਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।



