
ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨਾਲ ਖਡੂਰ ਸਾਹਿਬ ਹਲਕੇ ਦੇ ਲੋਕ ਚਟਾਨ ਵਾਂਗ ਖੜ੍ਹੇ : ਜਸਵਿੰਦਰ ਸਿੰਘ ਪੀ.ਏ.
ਹਲਕੇ ’ਚ ਕਾਂਗਰਸੀ ਵਰਕਰਾਂ ਦੀਆਂ ਸਰਗਰਮੀਆਂ ਤੇਜ਼, ਸਿੱਕੀ ਦੇ ਹੱਕ ਵਿੱਚ ਹੋਈਆਂ ਲਾਮਬੰਦ
ਨਿਰਮਲ ਸਿੰਘ ਸੰਗਤਪੁਰਾ, ਚੋਹਲਾ ਸਾਹਿਬ, 27 ਸਤੰਬਰ
ਹਲਕਾ ਖਡੂਰ ਸਾਹਿਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਵਿਧਾਇਕ ਸਰਦਾਰ ਰਮਨਜੀਤ ਸਿੰਘ ਸਿੱਕੀ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਲਗਾਤਾਰ ਮੀਟਿੰਗਾਂ ਅਤੇ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਸਿੱਕੀ ਦੇ ਸਿਆਸੀ ਸਲਾਹਕਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਰਮਨਜੀਤ ਸਿੰਘ ਸਿੱਕੀ ਦਾ ਲੰਮੇ ਸਮੇਂ ਤੋਂ ਮਜ਼ਬੂਤ ਨਾਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਖੜ੍ਹਨਾ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਿੱਕੀ ਸਾਹਿਬ ਦੀ ਰਾਜਨੀਤਕ ਕਾਰਜਸ਼ੈਲੀ ਦਾ ਅਹਿਮ ਹਿੱਸਾ ਰਿਹਾ ਹੈ।
ਜਸਵਿੰਦਰ ਸਿੰਘ ਨੇ ਕਿਹਾ ਕਿ ਰਮਨਜੀਤ ਸਿੰਘ ਸਿੱਕੀ ਦੇ ਹੱਕ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਸਰਗਰਮੀ ਲਗਾਤਾਰ ਵਧ ਰਹੀ ਹੈ। ਉਨ੍ਹਾਂ ਅਨੁਸਾਰ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਦੇ ਪੁਰਾਣੇ ਤੇ ਨਵੇਂ ਸਾਥੀਆਂ ਨੂੰ ਇੱਕਜੁੱਟ ਕਰਨ ਲਈ ਯਤਨ ਜਾਰੀ ਹਨ।
ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਉਤਾਰ-ਚੜ੍ਹਾਅ ਆਉਂਦੇ ਰਹਿੰਦੇ ਹਨ, ਪਰ ਜਿਹੜੇ ਲੋਕ ਲੰਮੇ ਸਮੇਂ ਤੋਂ ਕਿਸੇ ਆਗੂ ਨਾਲ ਜੁੜੇ ਰਹਿੰਦੇ ਹਨ, ਉਨ੍ਹਾਂ ਦਾ ਭਰੋਸਾ ਅਤੇ ਸਾਥ ਮਹੱਤਵ ਰੱਖਦਾ ਹੈ। ਜਸਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਰਮਨਜੀਤ ਸਿੰਘ ਸਿੱਕੀ ਦੇ ਸਮਰਥਕ ਮੈਦਾਨ ਵਿੱਚ ਸਰਗਰਮ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸਰਗਰਮੀਆਂ ਹੋਰ ਤੇਜ਼ ਹੋਣਗੀਆਂ।
ਉਨ੍ਹਾਂ ਕਿਹਾ ਕਿ ਹਲਕੇ ਦੀ ਰਾਜਨੀਤੀ ਵਿੱਚ ਲੋਕਾਂ ਦੇ ਮੁੱਦੇ, ਵਰਕਰਾਂ ਦਾ ਸਤਿਕਾਰ ਅਤੇ ਪਿੰਡਾਂ ਨਾਲ ਸਿੱਧਾ ਸੰਪਰਕ ਮੁੱਖ ਤਰਜੀਹ ਰਹੇਗਾ। ਉਨ੍ਹਾਂ ਸਿੱਕੀ ਸਾਹਿਬ ਨਾਲ ਜੁੜੇ ਸਮੂਹ ਵਰਕਰਾਂ ਅਤੇ ਸਮਰਥਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਜਸਵਿੰਦਰ ਸਿੰਘ ਨੇ ਕਿਹਾ ਕਿ ਖਡੂਰ ਸਾਹਿਬ ਦੇ ਲੋਕਾਂ ਦਾ ਸਾਥ ਅਤੇ ਵਰਕਰਾਂ ਦੀ ਮਿਹਨਤ ਹੀ ਅੱਗੇ ਦੀ ਰਾਜਨੀਤਕ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।



