
ਧਰਮ ਪ੍ਰਚਾਰ ਕਮੇਟੀ ਦੇ ਇਮਤਿਹਾਨਾਂ ਵਿੱਚ ਸਰਦਾਰ ਹਰੀ ਸਿੰਘ ਨਲੂਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਸ਼ਾਨਦਾਰ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ
ਹਰਜੀਤ ਸਿੰਘ ਵਲਟੋਹਾ, ਅਮਰਕੋਟ, 01 ਸਤੰਬਰ
ਸਰਦਾਰ ਹਰੀ ਸਿੰਘ ਨਲੂਆ ਸੀਨੀਅਰ ਸੈਕੰਡਰੀ ਸਕੂਲ, ਵਲਟੋਹਾ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਇਮਤਿਹਾਨ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਮਤਿਹਾਨ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਸੰਸਥਾ ਰਸਮੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦੇ ਖੇਤਰ ਵਿੱਚ ਵੀ ਇਲਾਕੇ ਦੀ ਇੱਕ ਮੋਹਰੀ ਸੰਸਥਾ ਵਜੋਂ ਆਪਣੀ ਭੂਮਿਕਾ ਨਿਭਾ ਰਹੀ ਹੈ।
ਉਨ੍ਹਾਂ ਨੇ ਇਮਤਿਹਾਨ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਵਜੋਂ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਾਸਟਰ ਸੁਰਜੀਤ ਸਿੰਘ ਨੇ ਇਮਤਿਹਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਸਥਾ ਨੂੰ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨ ਜਾਰੀ ਰੱਖੇ ਜਾਣਗੇ।
ਇਸ ਮੌਕੇ ਮਾਸਟਰ ਅਮਰਜੀਤ ਸਿੰਘ, ਹਰਵਿਕਰਮਜੀਤ ਸਿੰਘ, ਮੈਡਮ ਹਰਵਿੰਦਰ ਕੌਰ, ਸੰਜੀਵ ਜਾਟਵ, ਜਰਮਨਜੀਤ ਸਿੰਘ, ਰਾਜਾ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।



