
5 ਕਿਲੋ ਹੈਰੋਇਨ ਦੀ ਬਰਾਮਦਗੀ ਮਾਮਲੇ ’ਤੇ ਗਰਮਾਈ ਸਿਆਸਤ, ਪ੍ਰੋ. ਵਲਟੋਹਾ ਤੇ ਵਿਧਾਇਕ ਧੁੰਨ ਆਹਮੋ-ਸਾਹਮਣੇ
ਪ੍ਰੋ. ਵਲਟੋਹਾ ਨੇ ‘ਆਪ’ ਵਿਧਾਇਕ ਦੇ ਕਰੀਬੀ ਹੋਣ ਦਾ ਲਾਇਆ ਦੋਸ਼; ਧੁੰਨ ਨੇ ਕਿਹਾ, ਜਾਂਚ ਵਿੱਚ ਦੋਸ਼ ਸਾਬਤ ਹੋਣ ’ਤੇ ਕਾਨੂੰਨ ਅਨੁਸਾਰ ਹੋਵੇ ਕਾਰਵਾਈ
ਭਿੱਖੀਵਿੰਡ, 21 ਅਕਤੂਬਰ, ਲਖਵਿੰਦਰ ਗੋਲਣ, ਹਰਦਿਆਲ ਮੱਲ੍ਹੀ
ਹਲਕਾ ਖੇਮਕਰਨ ਵਿੱਚ ਪੰਜ ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਸਰਵਨ ਸਿੰਘ ਧੁੰਨ ਇਸ ਮਾਮਲੇ ’ਤੇ ਆਹਮੋ-ਸਾਹਮਣੇ ਆ ਗਏ ਹਨ। ਦੋਵਾਂ ਆਗੂਆਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ ਜਾਣ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ।
ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਆਪਣੇ ਫੇਸਬੁੱਕ ਪੇਜ ’ਤੇ ਪਾਈ ਪੋਸਟ ਵਿੱਚ ਦਾਅਵਾ ਕੀਤਾ ਕਿ ਪਿੰਡ ਰਾਜੋਕੇ ਦੇ ਵਸਨੀਕ ਲਖਵਿੰਦਰ ਸਿੰਘ ਖਿੰਦਾ ਉਰਫ਼ ਛੋਟਾ ਧੁੰਨ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਵੱਲੋਂ ਪੰਜ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਬੰਧਤ ਵਿਅਕਤੀ ਵਿਧਾਇਕ ਸਰਵਨ ਸਿੰਘ ਧੁੰਨ ਦਾ ਕਰੀਬੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸਿਆਸੀ ਸਵਾਲ ਖੜ੍ਹੇ ਕੀਤੇ।
ਪ੍ਰੋ. ਵਲਟੋਹਾ ਨੇ ਆਪਣੀ ਪੋਸਟ ਵਿੱਚ ਇਹ ਵੀ ਦਾਅਵਾ ਕੀਤਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਖੇਮਕਰਨ ਹਲਕੇ ਵਿੱਚ ਪਾਰਟੀ ਨਾਲ ਸਬੰਧਤ ਦੂਜੇ ਸਰਪੰਚ ਦੀ ਗ੍ਰਿਫ਼ਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ਨੇ ਇਲਾਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਵਿਧਾਇਕ ਧੁੰਨ ਨੇ ਦੋਸ਼ਾਂ ਦੇ ਜਵਾਬ ਵਿੱਚ ਦਿੱਤਾ ਸਪੱਸ਼ਟੀਕਰਨ
ਦੂਜੇ ਪਾਸੇ, ਵਿਧਾਇਕ ਸਰਵਨ ਸਿੰਘ ਧੁੰਨ ਨੇ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਪਿੰਡ ਰਾਜੋਕੇ ਦਾ ਸਰਪੰਚ ਦੱਸਿਆ ਜਾ ਰਿਹਾ ਹੈ, ਉਹ ਸਰਪੰਚ ਨਹੀਂ ਹੈ। ਉਨ੍ਹਾਂ ਅਨੁਸਾਰ ਪਿੰਡ ਦਾ ਮੌਜੂਦਾ ਸਰਪੰਚ ਰਾਜਬੀਰ ਸਿੰਘ ਹੈ, ਜਦਕਿ ਲਖਵਿੰਦਰ ਸਿੰਘ ਆਮ ਆਦਮੀ ਪਾਰਟੀ ਦਾ ਵਰਕਰ ਹੈ।
ਵਿਧਾਇਕ ਧੁੰਨ ਨੇ ਕਿਹਾ ਕਿ ਮਾਮਲੇ ਸਬੰਧੀ ਜਾਂਚ ਅਤੇ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਲਖਵਿੰਦਰ ਸਿੰਘ ਦੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਮੂਲੀਅਤ ਸਾਬਤ ਹੁੰਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ, ਭਾਵੇਂ ਉਹ ਆਮ ਆਦਮੀ ਪਾਰਟੀ ਨਾਲ ਹੀ ਕਿਉਂ ਨਾ ਜੁੜਿਆ ਹੋਵੇ।
ਵਿਧਾਇਕ ਨੇ ਇਹ ਵੀ ਕਿਹਾ ਕਿ ਜੇਕਰ ਨਸ਼ਿਆਂ ਦੇ ਕਾਰੋਬਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਸਾਬਤ ਹੁੰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਦੋਵਾਂ ਆਗੂਆਂ ਵਿਚਕਾਰ ਸਿਆਸੀ ਤਕਰਾਰ ਹੋਰ ਤੇਜ਼ ਹੋ ਗਈ ਹੈ।
ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ ਤਸਵੀਰ
ਇਸ ਮਾਮਲੇ ਵਿੱਚ ਪ੍ਰੋ. ਵਲਟੋਹਾ ਵੱਲੋਂ ਲਗਾਏ ਗਏ ਦੋਸ਼ਾਂ, ਕਥਿਤ ਸਿਆਸੀ ਸਬੰਧਾਂ ਅਤੇ ਗ੍ਰਿਫ਼ਤਾਰੀ ਨਾਲ ਜੁੜੇ ਵੇਰਵਿਆਂ ਦੀ ਅਧਿਕਾਰਤ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਫਿਲਹਾਲ ਇਹ ਮਾਮਲਾ ਖੇਮਕਰਨ ਹਲਕੇ ਵਿੱਚ ਸਿਆਸੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।



