
ਅਲੀਸ਼ੇਰ ਦੇ ਮਨਰੇਗਾ ਪੀੜਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਸਰਕਾਰ – ਜਸਬੀਰ ਸਿੰਘ ਝਬਾਲ
ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਅਤੇ ਜ਼ਖ਼ਮੀਆਂ ਦੇ ਇਲਾਜ ਦੀ ਮੰਗ; ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਚਿਤਾਵਨੀ
ਝਬਾਲ/ 22 ਅਕਤੂਬਰ/ਜਗਰੂਪ ਐਮਾਂ/ ਗੁਰਜਿੰਦਰ ਬਘਿਆੜੀ
ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਤਲਵੰਡੀ ਅਤੇ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਬੀਰ ਸਿੰਘ ਝਬਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਿੰਡ ਅਲੀਸ਼ੇਰ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਵਾਪਰੇ ਦਰਦਨਾਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਦੱਸਿਆ ਕਿ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਗੱਡੀ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਕੁਝ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।
ਯੂਨੀਅਨ ਆਗੂਆਂ ਨੇ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰੇਕ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਗੰਭੀਰ ਜ਼ਖ਼ਮੀ ਮਜ਼ਦੂਰਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਚੰਗੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਹਰੇਕ ਜ਼ਖ਼ਮੀ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਸੰਘਰਸ਼ ਕਰਨ ਵਾਲੀ ਕਮੇਟੀ ਨੂੰ ਪੂਰਨ ਸਮਰਥਨ ਦੇ ਕੇ ਸੰਘਰਸ਼ ਵਿੱਚ ਸ਼ਾਮਲ ਹੋਵੇਗੀ।



