
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551ਵੇਂ ਦਿਨ ਪਿੰਡ ਵਰਨਾਲਾ ਕਲਾਂ ਵਿੱਚ ਅਹਿਮ ਮੀਟਿੰਗ
ਪੁਲਿਸ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਲਿਆ ਪ੍ਰਣ; ਨਸ਼ਾ ਵਿਕਰੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ
ਹਰਜੀਤ ਵਲਟੋਹਾ, ਗੁਰਪ੍ਰੀਤ ਭੱਟੀ
ਅਮਰਕੋਟ, ਘਰਿਆਲਾ, 24 ਅਕਤੂਬਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 551 ਦਿਨ ਪੂਰੇ ਹੋਣ ’ਤੇ ਅੱਜ ਪਿੰਡ ਵਰਨਾਲਾ ਕਲਾਂ ਵਿਖੇ ਇੱਕ ਅਹਿਮ ਜਾਗਰੂਕਤਾ ਮੀਟਿੰਗ ਕਰਵਾਈ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲਿਆ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਮੀਟਿੰਗ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕਿਤੇ ਵੀ ਨਸ਼ਾ ਵਿਕਦਾ ਦਿਖਾਈ ਦੇਵੇ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਤਾਂ ਜੋ ਨਸ਼ਿਆਂ ਦੀ ਵਿਕਰੀ ਅਤੇ ਇਸ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਬੁਲਾਰਿਆਂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਬਲਾਕ ਸਕੱਤਰ ਹਰਦਿਆਲ ਸਿੰਘ, ਹਲਕਾ ਐਨ.ਐਮ.ਐਮ. ਬਲਦੀਪ ਸਿੰਘ, ਘਰਿਆਲਾ ਚੌਕੀ ਦੇ ਇੰਚਾਰਜ ਕੁਲਵਿੰਦਰ ਪਾਲ ਸਿੰਘ, ਪਿੰਡ ਵਰਨਾਲਾ ਦੇ ਸਰਪੰਚ ਮਨਜੀਤ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।




